Login Popup Login SUBSCRIBE

ADVERTISEMENTs

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਸ਼ਰਤਾਂ ਸਮੇਤ ਮਿਲੀ ਇੰਨੇ ਦਿਨਾਂ ਦੀ ਪੈਰੋਲ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਪਾਲ ਨੂੰ ਸ਼ਰਤਾਂ ਸਮੇਤ ਪੈਰੋਲ ਦੀ ਸਿਫਾਰਿਸ਼ ਕੀਤੀ ਸੀ।

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ / social media

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਨੂੰ ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ।

ਸਪੀਕਰ ਦੇ ਕਮਰੇ 'ਚ ਚੁੱਕਣਗੇ ਸਹੁੰ


ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ।

ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ।

ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ। ਇੱਥੋਂ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ। ਇਸ ਸਬੰਧੀ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਸਹੁੰ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। 


 

ਭਾਈ ਸਰਬਜੀਤ ਸਿੰਘ ਦੀ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ ਨਾਲ ਮੀਟਿੰਗ 


ਭਾਈ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਫੇਸਬੁੱਕ ਪੇਜ਼ 'ਤੇ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ, "ਅੱਜ ਪਾਰਲੀਮੈਂਟ ਵਿਖੇ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਜੇਤੂ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸੌਂਹ ਚੁੱਕਣ ਬਾਰੇ ਵੀ ਗੱਲ ਕੀਤੀ। ਇਸ ਮੀਟਿੰਗ ਦੌਰਾਨ ਹੀ ਇਹ ਤਹਿ ਹੋ ਗਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਜੀ 5 ਜੁਲਾਈ 2024 ਨੂੰ ਪਾਰਲੀਮੈਂਟ ਵਿੱਚ ਸੌਂਹ ਚੁੱਕਣ ਲਈ ਪਹੁੰਚ ਰਹੇ ਹਨ।"


ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related