Login Popup Login SUBSCRIBE

ADVERTISEMENTs

ਸੁਖਬੀਰ ਬਾਦਲ ਦਾ ਵੱਡਾ ਬਿਆਨ: ਅੰਮ੍ਰਿਤਪਾਲ ਸਿੰਘ ਦੇ ਪਿੱਛੇ RSS ਦਾ ਹੱਥ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਅੰਮ੍ਰਿਤਪਾਲ ਸਿੰਘ ਦੇ ਪਿੱਛੇ RSS ਦਾ ਹੱਥ ਹੈ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਦੀ ਅਪੀਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਦੀ ਗੱਲ ਵੀ ਕਹੀ।

ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਰੈਲੀ ਕੀਤੀ / fb @ Sukhbir Singh Badal

"ਕੁਝ ਤਾਕਤਾਂ ਪੰਜਾਬ ਨੂੰ ਮੁੜ ਅੱਗ ਦੀ ਭੱਠੀ 'ਚ ਸੁੱਟਣਾ ਚਾਹੁੰਦੀਆਂ ਹਨ। ਇਸ ਪਿੱਛੇ ਆਰਐਸਐਸ ਦਾ ਸਿੱਧਾ ਹੱਥ ਹੈ। ਵੱਖਵਾਦੀ ਸੋਚ ਰੱਖਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਆਰ.ਐਸ.ਐਸ. ਵੱਲੋਂ ਚੋਣਾਂ ਲੜਨ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਅਕਾਲੀ ਦਲ ਨੂੰ ਕਮਜ਼ੋਰ ਕਰਕੇ ਸਿੱਖਾਂ ਨੂੰ ਦੋ ਵਰਗਾਂ ਵਿੱਚ ਵੰਡਿਆ ਜਾ ਸਕੇ।"

ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਬੜੀ ਮੁਸ਼ਕਲ ਨਾਲ ਸ਼ਾਂਤੀ ਦੀ ਲੀਹ ’ਤੇ ਆਇਆ ਹੈ ਪਰ ਕੁਝ ਲੋਕ ਇਸ ਨੂੰ ਮੁੜ ਅੱਗ ਦੀ ਭੱਠੀ ਵਿੱਚ ਸੁੱਟਣਾ ਚਾਹੁੰਦੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰਾਂ ਸਬੰਧੀ ਜੇਲ੍ਹ ਸੁਪਰਡੈਂਟ ਨੇ ਖਡੂਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਨੂੰ ਫ਼ੋਨ ’ਤੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਸਹੀ ਹਨ ਅਤੇ ਉਨ੍ਹਾਂ ਨੂੰ ਰੱਦ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਸਾਬਤ ਹੁੰਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਰਐਸਐਸ ਦੇ ਮਾਲਵਾ ਇੰਚਾਰਜ ਰਾਜਦੇਵ ਸਿੰਘ ਖ਼ਾਲਸਾ ਨੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲ ਕੇ ਅੰਮ੍ਰਿਤਪਾਲ ਦੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਅਜਿਹੇ 'ਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕੇਂਦਰੀ ਏਜੰਸੀਆਂ ਪੰਜਾਬ ਨੂੰ ਫਿਰ ਤੋਂ ਬਰਬਾਦ ਕਰਨਾ ਚਾਹੁੰਦੀਆਂ ਹਨ।


ਉਨ੍ਹਾਂ ਕਿਹਾ ਕਿ 1984 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਹੋਇਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੇ ਤਿੰਨ ਵਾਰ ਕਾਂਗਰਸ ਦੀ ਸਰਕਾਰ ਬਣਾਈ। ਹੁਣ ਅਜਿਹਾ ਨਹੀਂ ਹੋਣਾ ਚਾਹੀਦਾ।

ਸੁਖਬੀਰ ਨੇ ਕਿਹਾ, "ਅਮਿਤ ਸ਼ਾਹ ਅਤੇ ਭਗਵੰਤ ਮਾਨ ਦੀ ਜੋੜੀ ਮਿਲ ਕੇ ਕੰਮ ਕਰਦੀ ਹੈ, ਇਸੇ ਕਰਕੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਦੀ ਸਰਹੱਦ 'ਤੇ ਗੋਲੀਆਂ ਚਲਾਈਆਂ ਗਈਆਂ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਕੇਂਦਰੀ ਪਾਰਟੀਆਂ ਭਾਜਪਾ, ਕਾਂਗਰਸ ਅਤੇ ‘ਆਪ’ ਤੋਂ ਦੂਰ ਰਹਿ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।"

ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਜਾਰੀ ਰੱਖੇਗਾ। ਇਸ ਲਈ ਭਾਵੇਂ ਕਿੰਨੀ ਵੀ ਵੱਡੀ ਕੁਰਬਾਨੀ ਕਰਨੀ ਪਵੇ। ਹਾਲਾਂਕਿ ਅਕਾਲੀ ਦਲ ਅੰਮ੍ਰਿਤਪਾਲ ਸਿੰਘ ਨੂੰ ਬੰਦੀ ਸਿੱਖ ਨਹੀਂ ਮੰਨਦਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬੁਰੀ ਤਰ੍ਹਾਂ ਜ਼ੁਲਮ ਕੀਤਾ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਹਰਾਉਣਾ ਜ਼ਰੂਰੀ ਹੈ। ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਭਾਜਪਾ ਅਤੇ ਆਰਐਸਐਸ ਦੇ ਏਜੰਟ ਬਣ ਗਏ ਹਨ। ਹੁਣ ਸਿੱਖ ਕੌਮ ਨੂੰ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਣਾ ਚਾਹੀਦਾ ਹੈ। 

 

ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ, ਜਿਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਸੀ, ਪਰ ਅੰਮ੍ਰਿਤਪਾਲ ਦੇ ਸਮਰਥਕ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਖ਼ਿਲਾਫ਼ ਨਹੀਂ ਸਗੋਂ ਅਕਾਲੀ ਦਲ ਖ਼ਿਲਾਫ਼ ਬੋਲਦੇ ਹਨ।

ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦਾ ਖਡੂਰ ਸਾਹਿਬ ਤੋਂ ਜਿੱਤਣਾ ਜ਼ਰੂਰੀ ਹੈ। ਉਹ ਲੋਕ ਸਭਾ ਵਿੱਚ ਫਿਰ ਤੋਂ ਆਵਾਜ਼ ਉਠਾਉਣਗੇ ਕਿ ਅਟਾਰੀ ਦੀ ਸਰਹੱਦ ਖੋਲ੍ਹ ਕੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਵਧਾਇਆ ਜਾਵੇ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related